ਪੰਜਾਬ ਦੀ ਸਿਆਸਤ ‘ਚ ਹਲਚਲ! ਪਰਗਟ ਸਿੰਘ ਤੇ ਕਿੱਕੀ ਢਿੱਲੋਂ ਨੇ ਦਿੱਤਾ ਅਸਤੀਫ਼ਾ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਨਤੀਜੇ ਮਗਰੋਂ ਪੰਜਾਬ ਦੀ ਸਿਆਸਤ ਹੋਰ ਵੀ ਜ਼ਿਆਦਾ ਭੱਖ ਗਈ ਹੈ। ਹਾਰ ਮਗਰੋਂ ਪੰਜਾਬ ਕਾਂਗਰਸ ਦੇ ਵਿਚ ਅਸਤੀਫ਼ਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਦੇ ਸੀਨੀਅਰ ਲੀਡਰਾਂ ਪਰਗਟ ਸਿੰਘ ਅਤੇ ਕਿੱਕੀ ਢਿੱਲੋਂ ਵੱਲੋਂ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਵੀ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। 

ਜਾਣਕਾਰੀ ਮੁਤਾਬਕ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਅਤੇ ਫ਼ਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਆਲ-ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਨੂੰ ਆਪਣੇ ਅਸਤੀਫ਼ੇ ਭੇਜ ਦਿੱਤੇ ਹਨ। ਫ਼ਿਲਹਾਲ ਇਸ ਬਾਰੇ ਕਿਸੇ ਵੀ ਕਾਂਗਰਸੀ ਲੀਡਰ ਨੇ ਕੋਈ ਬਿਆਨ ਨਹੀਂ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਕਿੱਕੀ ਢਿੱਲੋਂ ਇਸ ਵੇਲੇ ਆਸਟ੍ਰੇਲੀਆ ਵਿਚ ਹਨ ਤੇ ਉਨ੍ਹਾਂ ਨੇ ਈ-ਮੇਲ ਰਾਹੀਂ ਆਪਣਾ ਅਸਤੀਫ਼ਾ ਭੇਜਿਆ ਹੈ। 

ਇੱਥੇ ਦੱਸ ਦਈਏ ਕਿ ਲੁਧਿਆਣਾ ਜ਼ਿਮਨੀ ਚੋਣਾਂ ਵਿਚ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਤੋਂ 10 ਹਜ਼ਾਰ ਤੋਂ ਵੀ ਵੱਧ ਵੋਟਾਂ ਦੇ ਫ਼ਰਕ ਨਾਲ ਹਾਰ ਗਏ ਸਨ। ਇਸ ਤੋਂ ਬਾਅਦ ਆਸ਼ੂ ਨੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਨ੍ਹਾਂ ਚੋਣਾਂ ਦੇ ਪ੍ਰਚਾਰ ਦੌਰਾਨ ਕਾਂਗਰਸ ਦੀ ਧੜੇਬੰਦੀ ਇਕ ਵਾਰ ਫ਼ਿਰ ਖੁੱਲ੍ਹ ਕੇ ਸਾਹਮਣੇ ਆਈ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਸਣੇ ਕਈ ਵੱਡੇ ਲੀਡਰਾਂ ਨੇ ਆਸ਼ੂ ਦੇ ਹੱਕ ਵਿਚ ਖੁੱਲ੍ਹ ਕੇ ਚੋਣ ਪ੍ਰਚਾਰ ਨਹੀਂ ਕੀਤਾ। ਆਸ਼ੂ ਦੇ ਚੋਣ ਪ੍ਰਚਾਰ ਦੀ ਕਮਾਨ ਕਾਂਗਰਸ ਦੇ ਦੂਜੇ ਧੜੇ ਵੱਲੋਂ ਸੰਭਾਲੀ ਗਈ ਸੀ, ਜਿਸ ਵਿਚ ਪਰਗਟ ਸਿੰਘ ਤੇ ਕਿੱਕੀ ਢਿੱਲੋਂ ਵੀ ਸ਼ਾਮਲ ਸਨ। 

Leave a Reply

Your email address will not be published. Required fields are marked *