ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 12.03 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ‘ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ’ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ’ ਬਣਨ ਨਾਲ ਖੰਨਾ ਦੀ ਬਦਲੇਗੀ ਸੂਰਤ ਤੇ ਪਛਾਣ

ਖੰਨਾ, ਲੁਧਿਆਣਾ, 10 ਅਪ੍ਰੈਲ: ( ਲੋਕ ਮਸਲੇ)-ਪੰਜਾਬ ਸਰਕਾਰ ਵੱਲੋਂ ਹਲਕਾ ਖੰਨਾ ਅਤੇ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਸ਼ੁੱਕਰਵਾਰ ਨੂੰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ, ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਗੁਰੂ ਅਮਰਦਾਸ ਮਾਰਕੀਟ ਖੰਨਾ ਵਿਖੇ ‘ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ’ ਬਣਾਉਣ ਲਈ 12.03 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਅਤੇ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ।

ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇੱਕ ਬਹੁਤ ਵੱਡਾ ਪ੍ਰੋਜੈਕਟ ਖੰਨਾ ਸ਼ਹਿਰ ਨੂੰ ਦਿੱਤਾ ਹੈ। ਸਭ ਤੋਂ ਪਵਿੱਤਰ ਆਤਮਾ ਭਗਤ ਪੂਰਨ ਸਿੰਘ ਜਿਨ੍ਹਾਂ ਨੂੰ ਸੇਵਾ ਦੇ ਪੁੰਜ ਕਿਹਾ ਜਾਂਦਾ ਹੈ ਅਤੇ ਜਿਨ੍ਹਾਂ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਨਿਵਾਜਿਆ ਗਿਆ ਸੀ, ਉਨ੍ਹਾਂ ਨੇ 1984 ਵਿੱਚ ਹੋਏ ਕਤਲੇਆਮ ਦੇ ਰੋਸ ਵਜੋਂ ਆਪਣਾ ਨੋਬਲ ਪੁਰਸਕਾਰ ਵਾਪਸ ਕਰ ਦਿੱਤਾ ਸੀ। ਭਗਤ ਪੂਰਨ ਸਿੰਘ ਖੰਨਾ ਦੇ ਨਜ਼ਦੀਕੀ ਪਿੰਡ ਰਾਜੇਵਾਲ ਦੇ ਜੰਮਪਾਲ ਸਨ ਅਤੇ ਉਨ੍ਹਾਂ ਨੇ ਆਪਣੀ ਸਾਰੇ ਸਿੱਖਿਆ ਖੰਨਾ ਸ਼ਹਿਰ ਦੇ ਆਰੀਆ ਸਕੂਲ ਵਿੱਚੋਂ ਪ੍ਰਾਪਤ ਕੀਤੀ ਸੀ।

ਉਹਨਾਂ ਕਿਹਾ ਕਿ ਭਗਤ ਪੂਰਨ ਸਿੰਘ ਜੀ ਦਾ ਮਾਣ ਸਨਮਾਨ ਬਹੁਤ ਉੱਚਾ ਹੈ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਸ਼ਖਸ਼ੀਅਤ ਨੂੰ ਮਾਣ-ਸਤਿਕਾਰ ਦੇਣ ਲਈ ਖੰਨਾ ਵਿੱਚ ਹੈਰੀਟੇਜ ਸਟਰੀਟ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਉਸ ਦਾ ਅੱਜ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ। ਜਿਸ ਦਾ ਨਾਂ ‘ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ’ ਹੋਵੇਗਾ। ਅੱਜ ਤੋਂ ਇਸ ਹੈਰੀਟੇਜ ਸਟਰੀਟ ਦੇ ਨਿਰਮਾਣ ਦਾ ਕੰਮ ਸ਼ੁਰੂ ਹੋ ਜਾਵੇਗਾ। ਇਸ ਮਹੱਤਵਾਕਾਂਖੀ ਪ੍ਰੋਜੈਕਟ ‘ਤੇ 12.03 ਕਰੋੜ ਰੁਪਏ ਦੀ ਲਾਗਤ ਆਵੇਗੀ ਜੋ ਕਰੀਬ 6 ਮਹੀਨੇ ਵਿੱਚ ਪੂਰਾ ਹੋ ਜਾਵੇਗਾ।

ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸ਼ਵਾਸ ਜਤਾਇਆ ਕਿ ਇਸ ਪ੍ਰੋਜੈਕਟ ਦੀ ਪੂਰਤੀ ਨਾਲ ਖੰਨਾ ਦੀ ਨਵੀਂ ਪਹਿਚਾਣ ਬਣੇਗੀ ਅਤੇ ਇਹ ਖੰਨਾ ਸ਼ਹਿਰ ਸੂਬੇ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਸ਼ਾਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਇਲਾਕੇ ਦੇ ਵਿਕਾਸ ਲਈ ਇਸ ਤਰ੍ਹਾਂ ਦੀਆਂ ਯੋਜਨਾਵਾਂ ਲਗਾਤਾਰ ਜਾਰੀ ਰਹਿਣਗੀਆਂ।

ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਖੰਨਾ ਦੇ ਸੁੰਦਰੀਕਰਨ ਅਤੇ ਆਧੁਨਿਕ ਵਿਕਾਸ ਵੱਲ ਇੱਕ ਵੱਡਾ ਕਦਮ ਹੈ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਖੰਨਾ ਨੂੰ ਇੰਨਾ ਵੱਡਾ ਪ੍ਰੋਜੈਕਟ ਮਿਲਿਆ ਹੈ ਜੋ ਸ਼ਹਿਰ ਨੂੰ ਬਦਲ ਦੇਵੇਗਾ। ਉਨ੍ਹਾਂ ਦੱਸਿਆ ਕਿ ਹੈਰੀਟੇਜ ਸਟਰੀਟ ਦੇ ਨਿਰਮਾਣ ਨਾਲ ਨਾ ਸਿਰਫ਼ ਖੰਨਾ ਦੀ ਦਿੱਖ ਵਧੀਆ ਹੋਵੇਗੀ ਸਗੋਂ ਇਸਦੇ ਕਾਰੋਬਾਰ ਨੂੰ ਵੀ ਬਹੁਤ ਫ਼ਾਇਦਾ ਹੋਵੇਗਾ। ਇਹ ਨਵੀਂ ਡਿਜ਼ਾਈਨ ਕੀਤੀ ਗਈ ਸਟਰੀਟ ਲੋਕਾਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰੇਗੀ ਅਤੇ ਸਥਾਨਕ ਕਾਰੋਬਾਰੀਆਂ ਲਈ ਨਵੇਂ ਮੌਕੇ ਪ੍ਰਦਾਨ ਕਰੇਗੀ।

ਕੈਬਨਿਟ ਮੰਤਰੀ ਸੌਂਦ ਨੇ ਕਿਹਾ,“ਲੋਕਾਂ ਦੀ ਭਲਾਈ ਸਾਡੀ ਸਰਕਾਰ ਦੀ ਪਹਿਲ ਹੈ ਅਤੇ ਅਸੀਂ ਇਹ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੇ ਹਾਂ ਕਿ ਕਿਸੇ ਵੀ ਵਾਰਡ ਜਾਂ ਇਲਾਕੇ ਦਾ ਵਿਕਾਸ ਪਿੱਛੇ ਨਾ ਰਹਿ ਜਾਵੇ।”

ਉਨ੍ਹਾਂ ਕਿਹਾ ਕਿ ਖੰਨਾ ਦੇ ਵਿਕਾਸ ਕਾਰਜ ਕਰਵਾਉਣ ਲਈ ਉਹ ਦਿਨ ਰਾਤ ਇੱਕ ਕਰ ਦੇਣਗੇ। ਉਨ੍ਹਾਂ ਵੱਡੀ ਗਿਣਤੀ ਵਿੱਚ ਪਹੁੰਚੇ ਖੰਨਾ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੰਨਾ ਸਾਡੀ ਜਨਮ ਭੂਮੀ ਹੈ ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਖੰਨਾ ਨੂੰ ਸਭ ਤੋਂ ਸੋਹਣਾ ਸ਼ਹਿਰ ਬਣਾਉਣ ਲਈ ਕੰਮ ਕਰੀਏ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਚੇਅਰਮੈਨ ਬਲਾਕ ਸੰਮਤੀ ਖੰਨਾ ਲਖਵੀਰ ਸਿੰਘ ਗਿੱਲ, ਤੇ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਮੈਂਬਰ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਕੌਸਲਰ ਪਰਮਪ੍ਰੀਤ ਸਿੰਘ ਪੌਪੀ, ਕੌਂਸਲਰ ਰਜਿੰਦਰ ਸਿੰਘ ਜੀਤ, ਕੌਂਸਲਰ ਜਤਿੰਦਰ ਪਾਠਕ ਤੋਂ ਇਲਾਵਾ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਵੱਡੀ ਗਿਣਤੀ ਹਲਕਾ ਖੰਨਾ ਅਤੇ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ।

Leave a Reply

Your email address will not be published. Required fields are marked *