ਅੰਮ੍ਰਿਤਸਰ ‘ਚ 30 ਕਿਲੋ ਤੋਂ ਵੱਧ ਹੈਰੋਇਨ ਸਣੇ ਫੜੇ ਗਏ 6 ਮੁਲਜ਼ਮ, ਵੱਖ-ਵੱਖ ਖੇਤਰਾਂ ‘ਚ ਕਰਦੇ ਸਨ ਸਪਲਾਈ

ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 30.045 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਦੱਸੀ ਗਈ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।

ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੁਬਈ ਅਧਾਰਿਤ ਇੱਕ ਨਸ਼ਾ ਤਸਕਰ ਨਾਲ ਜੁੜੇ ਹੋਏ ਸਨ ਜੋ ਸਰਹੱਦ ਪਾਰ ਤੋਂ ਹੈਰੋਇਨ ਦੀਆਂ ਖੇਪਾਂ ਭੇਜਣ ਦੀ ਸਾਜ਼ਿਸ਼ ਰਚ ਰਿਹਾ ਸੀ। ਉਸ ਦੀਆਂ ਹਦਾਇਤਾਂ ‘ਤੇ ਦੋਸ਼ੀ ਨਿਰਧਾਰਿਤ ਥਾਵਾਂ ਤੋਂ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਅੱਗੇ ਸਪਲਾਈ ਕਰਦੇ ਸਨ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ ਦਰਜ ਕੀਤੀ ਗਈ ਹੈ। ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ, ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ, ਵਿੱਤੀ ਲੈਣ-ਦੇਣ ਦੇ ਨਾਲ-ਨਾਲ ਸੰਭਾਵਿਤ ਹਵਾਲਾ ਕਨੈਕਸ਼ਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਪੰਜਾਬ ਪੁਲਸ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਜੜ੍ਹੋਂ ਖਤਮ ਕਰਨ ਅਤੇ ਪੰਜਾਬ ਨੂੰ ਨਸ਼ਾ-ਮੁਕਤ ਤੇ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ।

Leave a Reply

Your email address will not be published. Required fields are marked *